ਜਲੰਧਰ, (ਸੰਜੇ ਸ਼ਰਮਾ): ਸ਼ਹਿਰ ਦੀਆਂ ਸੜਕਾਂ ’ਤੇ ਘੁੰਮਦੇ ਅਵਾਰਾ ਪਸ਼ੂ ਵਾਹਨ ਚਾਲਕਾਂ ਲਈ ਵੱਡੀ ਸਮੱਸਿਆ ਬਣੇ ਹੋਏ ਹਨ। ਸੜਕਾਂ ’ਤੇ ਅਕਸਰ ਪਸ਼ੂਆਂ ਦੇ ਅਚਾਨਕ ਸਾਹਮਣੇ ਆ ਜਾਣ ਕਾਰਨ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਨਾਲ ਨਾ ਸਿਰਫ਼ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਸਗੋਂ ਆਮ ਲੋਕਾਂ ਦੀ ਜਾਨ ਵੀ ਖ਼ਤਰੇ ਵਿੱਚ ਪੈ ਜਾਂਦੀ ਹੈ।
ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਸਰਕਾਰ ਵੱਲੋਂ ਬਿਜਲੀ ਦੇ ਬਿੱਲਾਂ, ਨਵੀਆਂ ਗੱਡੀਆਂ ਦੀ ਖਰੀਦ ਅਤੇ ਟੈਲੀਫੋਨ ਬਿੱਲਾਂ ਸਮੇਤ ਵੱਖ-ਵੱਖ ਸਰੋਤਾਂ ਰਾਹੀਂ ਗਊ ਸੈੱਸ ਵਸੂਲਿਆ ਜਾਂਦਾ ਹੈ। ਇਸ ਤਰ੍ਹਾਂ ਲੋਕਾਂ ਤੋਂ ਕਰੋੜਾਂ ਰੁਪਏ ਇਕੱਠੇ ਕੀਤੇ ਜਾਂਦੇ ਹਨ।
ਪਰ ਸਵਾਲ ਇਹ ਹੈ ਕਿ ਜੇਕਰ ਗਊ ਸੈੱਸ ਦੇ ਨਾਂ ’ਤੇ ਲੋਕਾਂ ਤੋਂ ਪੈਸਾ ਵਸੂਲਿਆ ਜਾ ਰਿਹਾ ਹੈ ਤਾਂ ਫਿਰ ਸੜਕਾਂ ’ਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਪੱਕਾ ਹੱਲ ਕਿਉਂ ਨਹੀਂ ਹੋ ਰਿਹਾ? ਲੋਕਾਂ ਦੀ ਮੰਗ ਹੈ ਕਿ ਸਬੰਧਤ ਵਿਭਾਗ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਅਤੇ ਅਵਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾਉਣ ਲਈ ਠੋਸ ਕਦਮ ਚੁੱਕੇ।
ਲੋਕਾਂ ਦਾ ਕਹਿਣਾ ਹੈ ਕਿ ਗਊ ਸੈੱਸ ਤੋਂ ਇਕੱਠੀ ਹੋਣ ਵਾਲੀ ਰਕਮ ਦੀ ਸਹੀ ਵਰਤੋਂ ਯਕੀਨੀ ਬਣਾਈ ਜਾਵੇ ਅਤੇ ਪਸ਼ੂਆਂ ਦੀ ਸੰਭਾਲ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ, ਤਾਂ ਜੋ ਸੜਕਾਂ ’ਤੇ ਹਾਦਸਿਆਂ ਦਾ ਖ਼ਤਰਾ ਘਟਾਇਆ ਜਾ ਸਕੇ ਅਤੇ ਲੋਕ ਸੁਰੱਖਿਅਤ ਆਵਾਜਾਈ ਕਰ ਸਕਣ।
