ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਸਮਾਜ ਵੱਲੋਂ ਕੀਤੀ ਜਾ ਰਹੀ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਇਸ ਸਾਰੇ ਮਾਮਲੇ ਦੀ ਨਿਸ਼ਪੱਖ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ 1 ਅਗਸਤ ਤੋਂ ਠੇਕੇ ‘ਤੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਵਧੀ ਹੋਈ ਤਨਖਾਹ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਹੁਣ ਤੱਕ ਇਹਨਾਂ ਕਰਮਚਾਰੀਆਂ ਦੀ ਮਹੀਨਾਵਾਰ ਤਨਖਾਹ ਲਗਭਗ 10,500 ਰੁਪਏ ਸੀ, ਜਿਸ ਨੂੰ ਪਿਛਲੇ ਮਹੀਨੇ ਹੀ ਵਧਾ ਕੇ 14,000 ਰੁਪਏ ਕੀਤਾ ਗਿਆ ਸੀ। ਹੁਣ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਪ੍ਰੋਬੇਸ਼ਨ ਸਮੇਂ ਦੌਰਾਨ ਮਿਲਣ ਵਾਲੀ ਤਨਖਾਹ ਨੂੰ ਵਧਾ ਕੇ 20,500 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਜਾਵੇਗਾ।
