ਚੰਡੀਗੜ੍ਹ/ਹੁਸ਼ਿਆਰਪੁਰ, ਗਣਤੰਤਰ ਦਿਵਸ ਦੇ ਮੱਦੇਨਜ਼ਰ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.), ਜਲੰਧਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਾਬੰਦੀਸ਼ੁਦਾ ਸੰਗਠਨ, ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਾਡਿਊਲ ਦੇ ਚਾਰ ਕਾਰਕੁੰਨਾਂ ਨੂੰ, ਲਗਭਗ 2.5 ਕਿਲੋ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇਮਪ੍ਰੋਵਾਈਜ਼ਡ ਵਿਸਫੋਟਕ ਡਿਵਾਈਸ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਿਲਜੋਤ ਸਿੰਘ, ਹਰਮਨ ਸਿੰਘ ਉਰਫ਼ ਹੈਰੀ ਉਰਫ਼ ਹਰੀ, ਅਜੈ ਉਰਫ਼ ਮਹਿਰਾ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਕੰਡੋਲਾ ਵਜੋਂ ਹੋਈ ਹੈ, ਇਹ ਸਾਰੇ ਐਸ.ਬੀ.ਐਸ. ਨਗਰ ਦੇ ਰਾਹੋਂ ਦੇ ਰਹਿਣ ਵਾਲੇ ਹਨ। ਆਰਡੀਐਕਸ-ਅਧਾਰਤ ਆਈ.ਈ.ਡੀ. ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ।
ਐਸਐਸਪੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਦੇਸ਼ੀ ਅਧਾਰਤ ਬੀਕੇਆਈ ਹੈਂਡਲਰਾਂ ਨੇ ਇੱਕ ਮਾਡਿਊਲ ਸਥਾਪਤ ਕੀਤਾ ਸੀ, ਜਿਸਨੂੰ ਅੰਮ੍ਰਿਤਸਰ ਦਿਹਾਤੀ ਦੇ ਸਰਹੱਦੀ ਖੇਤਰਾਂ ਰਾਹੀਂ ਹਥਿਆਰਾਂ ਦੀ ਤਸਕਰੀ ਕਰਨ ਤੋਂ ਬਾਅਦ ਹਥਿਆਰ ਪ੍ਰਾਪਤ ਕਰਨ ਅਤੇ ਲੌਜਿਸਟਿਕਸ ਪ੍ਰਬੰਧਨ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਪੁਲਿਸ ਥਾਣੇ ਵਿਖੇ ਬੀਐਨਐਸ ਦੀਆਂ ਧਾਰਾਵਾਂ 113(1) ਅਤੇ 113(3), ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(1ਬੀ)(ਏ) ਅਤੇ ਭਾਰਤੀ ਵਿਸਫੋਟਕ ਐਕਟ ਦੀਆਂ ਧਾਰਾਵਾਂ 4 ਅਤੇ 5 ਤਹਿਤ ਐਫਆਈਆਰ ਨੰਬਰ 11 ਮਿਤੀ 23/01/2026 ਦਰਜ ਕੀਤੀ ਗਈ ਹੈ।
