ਪੰਜਾਬ ਵਿੱਚ 2027 ਦੀਆਂ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਇੱਕੋ ਵਾਰ 254 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਵਿੱਚ IAS ਅਧਿਕਾਰੀਆਂ ਦੇ ਇੱਕ ਜੋੜੇ ਸਮੇਤ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (DC) ਵੀ ਸ਼ਾਮਲ ਹਨ। ਮੰਗਲਵਾਰ ਰਾਤ ਨੂੰ ਜਾਰੀ ਕੀਤੇ ਗਏ ਹੁਕਮਾਂ ਵਿੱਚ 29 IAS ਅਤੇ 111 PCS ਅਧਿਕਾਰੀ, 25 ਤਹਿਸੀਲਦਾਰ, 79 ਨਾਇਬ ਤਹਿਸੀਲਦਾਰ ਅਤੇ ਮਾਲ ਵਿਭਾਗ ਦੇ 10 ਅਧਿਕਾਰੀ ਸ਼ਾਮਲ ਹਨ। ਕੁਝ ਦਿਨ ਪਹਿਲਾਂ ਹੀ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਸਨ ਕਿ ਚੋਣਾਂ ਦੌਰਾਨ ਕੋਈ ਵੀ ਅਧਿਕਾਰੀ ਆਪਣੇ ਗ੍ਰਹਿ ਜ਼ਿਲ੍ਹੇ ਵਿੱਚ ਤਾਇਨਾਤ ਨਾ ਰਹੇ। ਇਸ ਤੋਂ ਇਲਾਵਾ ਇੱਕੋ ਜ਼ਿਲ੍ਹੇ ਵਿੱਚ 3 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੇ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਜਾਣ।
ਜਿਨ੍ਹਾਂ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲੇ ਗਏ ਹਨ, ਉਨ੍ਹਾਂ ਵਿੱਚ ਮੋਹਾਲੀ ਵਿੱਚ ਆਦਿੱਤਿਆ ਦੇਚਲਵਾਲ, ਰੋਪੜ ਵਿੱਚ ਕੋਮਲ ਮਿੱਤਲ, ਲੁਧਿਆਣਾ ਵਿੱਚ ਹਿਮਾਂਸ਼ੂ ਅਗਰਵਾਲ, ਪਟਿਆਲਾ ਵਿੱਚ ਹਿਮਾਂਸ਼ੂ ਜੈਨ, ਬਰਨਾਲਾ ਵਿੱਚ ਅਭਿਜੀਤ ਕਪਲਿਸ਼ ਅਤੇ ਤਰਨਤਾਰਨ ਵਿੱਚ ਨਿਰਮਲ ਓਸਪਚਨ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, 2024 ਬੈਚ ਦੇ 9 ਨੌਜਵਾਨ IAS ਅਧਿਕਾਰੀਆਂ ਨੂੰ ਵੱਖ-ਵੱਖ ਇਲਾਕਿਆਂ ਵਿੱਚ SDM ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਸ਼ਾਸਨਿਕ ਵਿਭਾਗਾਂ, ਨਗਰ ਨਿਗਮਾਂ ਅਤੇ ਵਿਕਾਸ ਅਥਾਰਟੀਆਂ ਵਿੱਚ ਵੀ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।30 ਨਵੰਬਰ ਤੱਕ ਤਬਾਦਲੇ ਕਰਨ ਲਈ ਕਿਹਾ: ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਤਬਾਦਲਿਆਂ ਸਬੰਧੀ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਕਮਿਸ਼ਨ ਨੇ ਸਾਰੇ ਸੂਬਿਆਂ ਨੂੰ 30 ਨਵੰਬਰ 2026 ਤੱਕ ਤਬਾਦਲਿਆਂ ਦੀ ਪ੍ਰਕਿਰਿਆ ਪੂਰੀ ਕਰਕੇ ਰਿਪੋਰਟ ਸੌਂਪਣ ਲਈ ਕਿਹਾ ਹੈ।
